ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਦੇ ਵਿਰੋਧ ਵਿੱਚ ਸਖ਼ਤ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤੇਲ ਕੀਮਤਾਂ ਨਿੱਤ ਨਵੀਂ ਉਚਾਈ ਵੱਲ ਜਾ ਰਹੀਆਂ ਹਨ ਤੇ ਇਨ੍ਹਾਂ ਨੂੰ ਠੱਲ੍ਹ ਲਈ ਸਰਕਾਰ ਕੁੱਝ ਨਹੀਂ ਕਰ ਰਹੀ, ਸਗੋਂ ਪਿਛਲੀਆਂ ਸਰਕਾਰਾਂ ’ਤੇ ਸਾਰਾ ਠੀਕਰਾ ਭੰਨ ਕੇ ਆਪ ਸੁਰਖਰੂ ਹੋਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਜ਼ਿੰਮੇਦਾਰੀ ਤੋਂ ਨਹੀਂ ਭੱਜ ਸਕਦੇ। ਕੁੱਲ ਘਰੇਲੂ ਉਤਪਾਦ (ਜੀਡੀਪੀ) ’ਚ ਗਿਰਾਵਟ ਅਤੇ ਤੇਲ ਕੀਮਤਾਂ ’ਚ ਵਾਧੇ ਪਿਛਲੀਆਂ ਸਰਕਾਰਾਂ ਨਹੀਂ, ਸਗੋਂ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਹੀ ਮੁੱਖ ਕਾਰਨ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤੇਲ ਕੀਮਤਾਂ ’ਚ ਵਾਧਾ ਵਾਪਸ ਲਿਆ ਜਾਵੇ ਤੇ ਦੇਸ਼ ਦੇ ਮੱਧ ਵਰਗ, ਕਿਸਾਨਾਂ, ਗਰੀਬਾਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ।