ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਦੇ ਬਾਵਜੂਦ ਪ੍ਰਸ਼ਾਸਨ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿੱਚ ਕੇਂਦਰੀ ਸੇਵਾ ਨਿਯਮਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਕਰ ਸਕਿਆ ਹੈ। ਅਜਿਹੇ 'ਚ ਬੀਤੀ 1 ਫਰਵਰੀ ਤੋਂ ਇਨ੍ਹਾਂ ਕਾਲਜਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਸਾਂਝੀ ਐਕਸ਼ਨ ਕਮੇਟੀ ਰੋਸ਼ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਕਾਲਜਾਂ ਦੇ ਬਾਹਰ ਅਤੇ ਸੜਕਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।
ਅੱਜ ਅੱਠਵੇਂ ਦਿਨ ਵੀ ਕਮੇਟੀ ਦੀ ਅਗਵਾਈ ਹੇਠ 400 ਤੋਂ 450 ਅਧਿਆਪਕ ਤੇ ਹੋਰ ਸਟਾਫ਼ ਵੱਲੋਂ ਸੈਕਟਰ 26 ਦੇ ਜੀਜੀਐਸਸੀ ਮਹਿਲਾ ਕਾਲਜ ਤੋਂ ਗਵਰਨਰ ਹਾਊਸ ਤੱਕ ਰੋਸ ਮਾਰਚ ਕੱਢਣ ਦੀ ਤਿਆਰੀ ਹੈ।ਕਮੇਟੀ ਦੀਆਂ ਮੁੱਖ ਮੰਗਾਂ ਵਿੱਚ 29 ਮਾਰਚ 2022 ਦੇ ਐਮਐਚਏ ਦੇ ਨੋਟੀਫਿਕੇਸ਼ਨ ਤਹਿਤ ਯੂਜੀਸੀ ਦੇ ਨਿਯਮਾਂ ਨੂੰ ਲਾਗੂ ਕੀਤਾ ਜਾਵੇ ਅਤੇ ਕੇਂਦਰ ਦੀ ਤਰਜ਼ 'ਤੇ ਭੱਤੇ ਅਤੇ ਹੋਰ ਲਾਭ ਦਿੱਤੇ ਜਾਣ। ਦੂਜੇ ਪਾਸੇ ਨਾਨ-ਟੀਚਿੰਗ ਸਟਾਫ਼ ਨੂੰ ਸੋਧੇ ਹੋਏ ਤਨਖਾਹ ਸਕੇਲ ਦਿੱਤੇ ਜਾਣ।