- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਕੀਤੇ ਦੋਸ਼ੀ ਭੋਲੇ-ਭਾਲੇ ਲੋਕਾਂ ਨੂੰ ਲੁਭਾਉਣ ਅਤੇ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਪੰਜਾਬ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ ਜ਼ੀਰਕਪੁਰ, ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਸਤ੍ਰਿਤ ਜਾਂਚ ਅਤੇ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਉਪਰੰਤ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਵਿੱਚ ਸ਼ਾਮਲ ਇਹ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਪੁਲੀਸ ਟੀਮਾਂ ਨੇ ਮੁਲਜ਼ਮ ਰੋਹਿਤ ਭਾਰਦਵਾਜ ਉਰਫ਼ ਰਿੰਮੀ ਕੋਲੋਂ 14.78 ਲੱਖ ਰੁਪਏ ਦੀ ਨਕਦੀ ਅਤੇ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਮੋਬਾਈਲ ਫੋਨਾਂ ’ਚੋਂ ਹੋਰ ਪੁਖਤਾ ਸਬੂਤ ਵੀ ਬਰਾਮਦ ਕੀਤੇ ਹਨ।
ਲੋਕਾਂ ਨੂੰ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮਾਂ ਦੀ ਕਰ ਰਹੇ ਸਨ ਵਰਤੋਂ
ਮੁਲਜ਼ਮਾਂ ਵੱਲੋਂ ਵਰਤੇ ਜਾਂਦੇ ਢੰਗ-ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਜੂਏ ਦੇ ਆਨਲਾਈਨ ਪਲੇਟਫਾਰਮ 'ਡਾਇਮੰਡ ਐਕਸਚੇਂਜ' ਦੀ ਵਰਤੋਂ ਕਰਕੇ ਆਨਲਾਈਨ ਗੇਮਿੰਗ ਵਿੱਚ ਸ਼ਾਮਲ ਹੋਣ ਅਤੇ ਮਾਮੂਲੀ ਫ਼ੀਸ 'ਤੇ ਸੱਟੇਬਾਜ਼ੀ ਕਰਕੇ ਮੋਟਾ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਭਰਮਾ ਰਹੇ ਸਨ।
ਉਹਨਾਂ ਦੱਸਿਆ ਕਿ ਕੁਝ ਇਨਾਮ ਜਿੱਤਣ ਉਪਰੰਤ, ਪੀੜਤ ਸੱਟੇਬਾਜ਼ੀ ਵਿੱਚ ਪੈਸੇ ਗੁਆਉਣਾ ਸ਼ੁਰੂ ਕਰ ਦਿੰਦਾ ਸੀ ਅਤੇ ਫਿਰ, ਦੋਸ਼ੀ ਵਿਅਕਤੀ ਕ੍ਰੈਡਿਟ 'ਤੇ ਲੱਖਾਂ ਰੁਪਏ ਦੇਣ ਦੀ ਪੇਸ਼ਕਸ਼ ਕਰਦੇ ਸਨ। ਉਹਨਾਂ ਅੱਗੇ ਕਿਹਾ ਕਿ ਇੱਕ ਵਾਰ ਜਦੋਂ ਪੀੜਤ ਕ੍ਰੈਡਿਟ ਰਾਹੀਂ ਪੈਸੇ ਪ੍ਰਾਪਤ ਕਰ ਲੈਂਦਾ ਸੀ ਤਾਂ ਦੋਸ਼ੀ ਵਿਅਕਤੀ ਰਕਮ 'ਤੇ ਮੋਟਾ ਵਿਆਜ ਲਗਾਉਂਦੇ ਸਨ ਜਿਸ ਨਾਲ ਕਈ ਵਾਰ ਇਹ ਰਕਮ ਕਰੋੜਾਂ ਰੁਪਏ ਤੱਕ ਪਹੁੰਚ ਜਾਂਦੀ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਦੋਂ ਪੀੜਤ ਪੈਸੇ ਵਾਪਸ ਕਰਨ ਤੋਂ ਅਸਮਰੱਥ ਹੋ ਜਾਂਦਾ ਸੀ, ਤਾਂ ਇਹ ਅਪਰਾਧੀ ਜੇਲ੍ਹ ਅਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਗੈਂਗਸਟਰ ਸਾਥੀਆਂ ਰਾਹੀਂ ਉਨ੍ਹਾਂ ਨੂੰ ਧਮਕੀ ਭਰੇ ਫੋਨ ਕਰਵਾਉਂਦੇ ਸਨ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਭੁਗਤਾਨ ਦੇ ਵੱਖ-ਵੱਖ ਤਰੀਕੇ ਅਤੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਿਨ੍ਹਾਂ ਰਾਹੀਂ ਪੈਸੇ ਟਰਾਂਸਫਰ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਧੋਖਾਧੜੀ ਲਈ ਵਰਤੀ ਗਈ ਵੈੱਬਸਾਈਟ ਦੇ ਮਾਲਕ ਅਤੇ ਉਸ ਦੇ ਸੰਚਾਲਨ ਦੇ ਸਥਾਨ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਐਸਏਐਸ ਨਗਰ ਦੇ ਸੈਕਟਰ 69 ਵਿੱਚ ਕਿਰਾਏ ਦੇ ਫਲੈਟ ਤੋਂ ਇਹ ਗਿਰੋਹ ਚਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ 'ਤੇ ਮੋਹਾਲੀ ਅਤੇ ਚੰਡੀਗੜ੍ਹ ਦੇ ਨਾਈਟ ਕਲੱਬ ਤੇ ਬਾਰ ਮਾਲਕਾਂ ਅਤੇ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਕਰਨ ਸਬੰਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 506 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 (7) ਤਹਿਤ ਐਫਆਈਆਰ ਨੰਬਰ 9 ਮਿਤੀ 29/05/23 ਨੂੰ ਥਾਣਾ ਐਸਐਸਓਸੀ ਮੁਹਾਲੀ ਵਿਖੇ ਦਰਜ ਕੀਤੀ ਗਈ ਹੈ।