ਚੰਡੀਗੜ੍ਹ, : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿੱਲਿਆਂਵਾਲੀ ਥਾਣੇ ਦੇ ਐਸ.ਐਚ.ਓ. ਇਕਬਾਲ ਸਿੰਘ ਨੂੰ 10, 000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ ਨੂੰ ਸਿਰਸਾ ਦੇ ਇੱਕ ਪਿੰਡ ਨੀਲਿਆਂਵਾਲੀ ਦੇ ਵਾਸੀ ਭੀਮ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚਓ ਨੇ ਉਸ ਦੇ ਲੜਕੇ ਖ਼ਿਲਾਫ਼ ਦਰਜ ਝੂਠੀ ਸ਼ਿਕਾਇਤ ਨੂੰ ਖਾਰਜ ਕਰਨ ਬਦਲੇ 20, 000 ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 15, 000 ਰੁਪਏ ਵਿੱਚ ਤੈਅ ਹੋਇਆ ਸੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਉਕਤ ਐਸ.ਐਚ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਿੱਚ ਮੁਲਜ਼ਮ ਐਸਐਚਓ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।