ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੀ ਇਕ-ਡੇਢ ਸਦੀ ਦੌਰਾਨ ਸਿੱਖਾਂ ਨੇ ਪੰਜਾਬ ਅਤੇ ਭਾਰਤ ਤੋਂ ਬਾਹਰ ਪੱਛਮੀ ਦੇਸ਼ਾਂ ਵੱਲ ਪਰਵਾਸ ਕੀਤਾ ਅਤੇ ਅੱਜ ਦੁਨੀਆ ਦੇ 161 ਤੋਂ ਵੱਧ ਮੁਲਕਾਂ ਵਿਚ ਸਿੱਖ ਵੱਸਦੇ ਹਨ। ਉਨ੍ਹਾਂ ਇਸ ਗੱਲ ‘ਤੇ ਤਸੱਲੀ ਜ਼ਾਹਰ ਕੀਤੀ ਕਿ ਦਸ ਗੁਰੂ ਸਾਹਿਬਾਨ ਦੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਸਿਧਾਂਤ ‘ਤੇ ਚੱਲਦਿਆਂ ਹਰ ਮੁਲਕ ਵਿਚ ਸਿੱਖਾਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਲਿਆਕਤ ਦਾ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਆਖਿਆ ਕਿ ਬੇਸ਼ੱਕ ਅਮਰੀਕਾ, ਕੈਨੇਡਾ, ਆਸਟਰੇਲੀਆ ਤੇ ਨਿਊਜ਼ੀਲੈਂਡ ਵਿਚ ਸਿੱਖ ਚੰਗੀ ਰਾਜਨੀਤਕ ਸਥਿਤੀ ਵਿਚ ਬੈਠੇ ਹੋਏ ਹਨ ਅਤੇ ਬਰਤਾਨੀਆ ਵਿਚ ਪਹਿਲਾਂ ਵੀ ਸਿੱਖ ਸਿਵਲ, ਪ੍ਰਸ਼ਾਸਨਿਕ ਤੇ ਰਾਜਨੀਤਕ ਖੇਤਰ ਵਿਚ ਚੰਗਾ ਪ੍ਰਭਾਵ ਬਣਾ ਚੁੱਕੇ ਹਨ ਪਰ ਬਰਤਾਨੀਆ ਵਿਚ ਹੁਣੇ ਹੋਈਆਂ ਪਾਰਲੀਮੈਂਟ ਚੋਣਾਂ ਦੌਰਾਨ ਚਾਰ ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ ਪੰਜ ਬੀਬੀਆਂ ਦਾ ਪਾਰਲੀਮੈਂਟ ਮੈਂਬਰ ਬਣਨਾ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਬਰਤਾਨੀਆ ਵਿਚ ਜਿੱਤ ਹਾਸਲ ਕਰਨ ਵਾਲੇ ਪੰਜਾਬੀ ਅਤੇ ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਆਪਣੀ ਲਿਆਕਤ, ਦੂਰਅੰਦੇਸ਼ੀ ਅਤੇ ਰਾਜਨੀਤਕ ਯੋਗਤਾ ਨਾਲ ਜਿੱਥੇ ਬਰਤਾਨੀਆ ਦੀ ਸਰਬਪੱਖੀ ਉੱਨਤੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ, ਉੱਥੇ ਹੀ ਸਿੱਖ ਕੌਮ ਦੇ ਕੌਮਾਂਤਰੀ ਮਸਲਿਆਂ ਤੇ ਵਿਦੇਸ਼ਾਂ ਵਿਚ ਸਿੱਖਾਂ ਦੀ ਧਾਰਮਿਕ ਆਜ਼ਾਦੀ ਵਿਚ ਆਉਂਦੀਆਂ ਸਮੱਸਿਆਵਾਂ ਦੇ ਸਰਲੀਕਰਨ ਅਤੇ ਦਸ ਗੁਰੂ ਸਾਹਿਬਾਨ ਦੇ ਦਿੱਤੇ ‘ਸਰਬੱਤ ਦੇ ਭਲੇ’ ਦੇ ਸਿਧਾਂਤ ਦੇ ਪ੍ਰਚਾਰ-ਪ੍ਰਸਾਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਗੁਰੂ ਪੰਥ ਦਾ ਨਾਮ ਰੌਸ਼ਨ ਕਰਨਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲ ਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।
ਬਰਤਾਨੀਆਂ ਵਿੱਚ ਹੋਈਆਂ ਨਵੀਆਂ ਚੋਣਾਂ ਵਿੱਚ ਪਹਿਲੀਵਾਰ ਚਾਰ ਦਸਤਾਰਧਾਰੀ ਸਿੱਖਾਂ ਅਤੇ ਪੰਜ ਸਿੱਖ ਪਰਿਵਾਰਾਂ ਨਾਲ ਸਬੰਧਤ ਸਿੱਖ ਬੀਬੀਆਂ ਦੇ ਸੰਸਦ ਮੈਂਬਰ ਬਨਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਭ ਜੇਤੂ ਮੈਂਬਰਾਂ ਨੂੰ ਵਧਾਈ ਦਿੱਤੀ ਹੈ।
ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਬਰਤਾਨੀਆ ਵਿੱਚ ਲੇਬਰ ਪਾਰਟੀ ਨੂੰ ਹੁੰਝਾਫੇਰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕੁੱਲ 650 ਸੀਟਾਂ ਵਿਚੋਂ 412 ਸੀਟਾਂ ਲੇਬਰ ਪਾਰਟੀ ਨੂੰ ਮਿਲਣੀਆਂ ਬਰਤਾਨੀਆਂ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਅਧਿਆਇ ਅੰਕਿਤ ਹੋਇਆ ਹੈ। ਉਨ੍ਹਾਂ ਪੰਜਾਬ ਦੇ ਪਿਛੋਕੜ ਵਾਲੇ ਸਿੱਖ ਲੀਡਰ ਸ. ਤਰਮਨਜੀਤ ਸਿੰਘ, ਸਤਬੀਰ ਕੌਰ, ਪ੍ਰੀਤ ਕੌਰ ਗਿੱਲ, ਜੱਸ ਅਠਵਾਲ, ਹਰਪ੍ਰੀਤ ਕੌਰ ਉਪਲ, ਗੁਰਿੰਦਰ ਜੋਸਨ, ਡਾ. ਜੀਵਨ ਸੰਧੇਰ, ਵਰਿੰਦਰ ਜੱਸ, ਬੀਬੀ ਆਹਲੂਵਾਲੀਆ ਨੂੰ ਇਸ ਜਿੱਤ ਦੀ ਖੁਸ਼ੀ ਸਮੇਂ ਵਧਾਈ ਦਿਤੀ ਹੈ। ਇਸ ਤੋਂ ਇਲਾਵਾ ਭਾਰਤਵੰਸ਼ੀ ਸੰਸਦ ਮੈਬਰਾਂ ਨੂੰ ਵੀ ਦਿਲੋਂ ਮੁਬਾਰਕਬਾਦ ਦੇਂਦਿਆਂ ਕਿਹਾ ਬਰਤਾਨੀਆਂ ਵਿੱਚ ਕੀਰ ਸਟਾਰਮਰ ਦੀ ਅਗਵਾਈ ਵਿੱਚ ਬਨਣ ਵਾਲੀ ਸਰਕਾਰ ਵਿੱਚ 26 ਮੈਂਬਰ ਭਾਰਤ ਨਾਲ ਸਬੰਧ ਰਖਦੇ ਹਨ ਜੋ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਲੇਬਰ ਪਾਰਟੀ ਦੇ ਸਿਰ ਵੱਡੀ ਜੁੰਮੇਵਾਰੀ ਹੈ ਕਿ ਉਹ ਵੋਟਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਚੰਗੀ ਸਰਕਾਰ ਬਨਾਉਣ ਅਤੇ ਲੋਕ ਭਲਾਈ ਲਈ ਕਾਰਜ ਕਰਨ।