ਇਸ ਵਾਰ ਕਾਂਗਰਸ ਦਾ ਵਹਿਮ ਕੱਢੇਗੀ 'ਆਪ' ਦੀ ਜਿੱਤ: ਵਿਧਾਇਕ
ਮੋਹਾਲੀ, : ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਜਿੱਤਣ ਲਈ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ, ਇਸੇ ਤਹਿਤ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ | ਕੁਲਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿੰਡ ਬਹਾਦਰਪੁਰ, ਭਰੂਵਾਲ ਅਤੇ ਮੁਆਈ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ |
ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ 'ਆਪ' ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ ਸ਼ਖਸੀਅਤ ਤੋਂ ਜਲੰਧਰ ਲੋਕ ਸਭਾ ਹਲਕੇ ਦੇ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਵੇਖਦਿਆਂ ਲੋਕ 'ਆਪ' ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਇਸਦੇ ਨਾਲ ਹੀ ਵਿਧਾਇਕ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸ਼ਿਕਾਇਤਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਕੀਤਾ ਗਿਆ |
ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਵੇਖਦਿਆਂ ਪਿੰਡ ਲੱਧੜ ਦੀ ਪੰਚਾਇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਸ਼ਾਮਲ ਹੋ ਗਈ | ਸ. ਕੁਲਵੰਤ ਸਿੰਘ, ਇੰਦਰਜੀਤ ਕੌਰ ਮਾਨ (ਵਿਧਾਇਕ ਨਕੋਦਰ) ਅਤੇ ਗੁਰਿੰਦਰ ਸਿੰਘ 'ਗੈਰੀ ਵੜਿੰਗ' (ਵਿਧਾਇਕ ਅਮਲੋਹ) ਨੇ ਪੰਚਾਇਤ ਨੂੰ 'ਆਪ' ਵਿੱਚ ਜੁਆਇਨ ਕਰਵਾਇਆ ਅਤੇ ਪਾਰਟੀ ਵਿੱਚ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸ. ਕੁਲਵੰਤ ਸਿੰਘ ਨੇ ਕਾਂਗਰਸ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ 'ਆਪ' ਜਲੰਧਰ ਚੋਣ ਵਿੱਚ ਜਿੱਤ ਦਰਜ ਕਰਕੇ ਕਾਂਗਰਸ ਦਾ ਵਹਿਮ ਕੱਢੇਗੀ, ਉਨ੍ਹਾਂ ਕਿਹਾ ਕਿ ਜਲੰਧਰ ਨੂੰ ਆਪਣਾ ਗੜ ਕਹਿਣ ਵਾਲੀ ਕਾਂਗਰਸ ਪਾਰਟੀ ਨੂੰ 'ਆਪ' ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਾਇਆ ਸੀ |
ਸ. ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਲੋਕਾਂ ਦਾ ਸੈਲਾਬ , ਇਸ ਗੱਲ ਦਾ ਸੰਕੇਤ ਹੈ ਕਿ ਲੋਕ ਪਾਰਟੀ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਦੇ ਸੁਪੀਰਮੋ ਅਰਵਿੰਦ ਕੇਜਰਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਲੋਕ ਬਹੁਤ ਪ੍ਰਭਾਵਿਤ ਹਨ, ਕਿਉਂਕਿ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਉਹ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਭਲੀ-ਭਾਂਤ ਜਾਣੂੰ ਹਨ |
ਵਿਧਾਇਕ ਨੇ ਕਿਹਾ ਕਿ 'ਆਪ' ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਜ਼ ਇੱਕ ਸਾਲ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਲਈ ਇਤਿਹਾਸਕ ਕਦਮ ਚੁੱਕੇ ਹਨ ਅਤੇ ਸਿਹਤ, ਸਿੱਖਿਆ ਤੇ ਬਿਜਲੀ ਸਮੇਤ ਹਰ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਗਏ ਹਨ, ਜੋ ਰਵਾਇਤੀ ਪਾਰਟੀਆਂ ਨਹੀਂ ਲੈ ਸਕੀਆਂ।