ਸੰਗਰੂਰ : ਦੇਸ਼ ਦੇ ਕੁਝ ਸੂਬਿਆਂ ਵਿੱਚ ਵੇਰੀਐਂਟ ਓਮੀਕ੍ਰੋਨ ਵੈਰੀਐਂਟ ਦੇ ਆਏ ਨਵੇਂ ਕੁਝ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ ਪਰਮਿੰਦਰ ਕੌਰ ਨੇ ਦੱਸਿਆ ਕਿ ਨਵੇ ਓਮੀਕ੍ਰੋਨ ਵੈਰੀਏਂਟ ਦਾ ਇਕ ਮਰੀਜ ਇਕ ਦਰਜਨ ਤੋਂ ਵੱਧ ਲੋਕਾਂ ਨੂੰ ਤੇਜ਼ੀ ਨਾਲ ਪ੍ਰਭਾਵਿਤ ਕਰ ਸਕਦਾ ਹੈ। ਇਸ ਸਬੰਧੀ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਇਸ ਬੀਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ। ਇਸ ਲਈ ਲੋਕ ਕੋਵਿਡ -19 ਦੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ, ਜਿਵੇਂ ਕਿ ਮੂੰਹ ਤੇ ਮਾਸਕ ਪਾਉਣਾ, ਸੋਸ਼ਲ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਸੈਨੇਟਾਇਜ ਕਰਨਾ ਜਾਂ ਸਾਬਣ ਪਾਣੀ ਨਾਲ ਵਾਰ ਵਾਰ ਸਾਫ ਕਰਨਾ ਅਤੇ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨਾ ਆਦਿ।
ਇਸ ਬੀਮਾਰੀ ਦੇ ਲੱਛਣਾਂ ਪ੍ਰਤੀ ਹੋਰ ਜਾਣਕਾਰੀ ਦਿੰਦਿਆਂ ਡਾ ਪਰਮਿੰਦਰ ਕੌਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਸਿਰ ਦਰਦ, ਗਲਾ ਜਾਂ ਖਾਂਸੀ ਅਤੇ ਜ਼ੁਕਾਮ ਹੋਵੇ, ਤਾਂ ਅਜਿਹੇ ਸ਼ੱਕੀ ਵਿਅਕਤੀ ਨੂੰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਉਪਰੋਕਤ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਨੇੜੇ ਦੇ ਹਸਪਤਾਲ ਵਿਚ ਕੋਵਿਡ ਸੈਂਪਲਿੰਗ ਕਰਵਾਉਣੀ ਚਾਹੀਦੀ ਹੈ ਤਾਂ ਕਿ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲੱਗ ਸਕੇ ਅਤੇ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਲਹਿਰ ਦੇ ਟਾਕਰੇ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਲਾਮਬੱਧ ਅਤੇ ਸਮਰੱਥ ਹੈ। ਇਸ ਮੌਕੇ ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਬਲਜੀਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਹਾਜ਼ਰ ਸਨ।