ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾ
ਚੰਡੀਗੜ੍: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।
ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਉਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਇਹ ਅਧਿਆਪਕ ਫਿਨਲੈਂਡ ਤੋਂ ਆਲਮੀ ਪੱਧਰ ਦੀ ਸਿੱਖਿਆ ਹਾਸਲ ਕਰਕੇ ਆਪਣੇ ਵਿਲੱਖਣ ਤਜਰਬੇ ਸਾਂਝੇ ਕਰ ਰਹੇ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਨੇਕ ਕਾਰਜ ਲਈ ਫਿਨਲੈਂਡ ਭੇਜਿਆ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਦੇਸ਼ ਲਈ ਮਜ਼ਬੂਤ ਨੀਂਹ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਨਵਾਂ ਹੁਨਰ ਹਾਸਲ ਕਰਨ ਵਾਲੇ ਇਹ ਅਧਿਆਪਕ ਹੁਣ ਸੂਬੇ ਅਤੇ ਦੇਸ਼ ਦਾ ਸਰਮਾਇਆ ਬਣਨਗੇ।
ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਤਾਲੀਮ ਦੇਣ ਤਾਂ ਕਿ ਸਾਡੇ ਬੱਚੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਅਧਿਆਪਕਾਂ ਵੱਲੋਂ ਪੜ੍ਹਾਏ ਜਾਣ ਵਾਲੇ ਵਿਦਿਆਰਥੀ ਆਪਣੇ ਕਾਨਵੈਂਟ ਸਕੂਲਾਂ ਦੇ ਹਾਣੀਆ ਦਾ ਮੁਕਾਬਲਾ ਚੰਗੇ ਢੰਗ ਨਾਲ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਅਧਿਆਪਕ ਆਪਣੀ ਮੁਹਾਰਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਵੱਧ ਤੋਂ ਵੱਧ ਸਾਂਝਾ ਕਰਨਗੇ, ਜਿਸ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿੱਖਿਆ ਪ੍ਰਣਾਲੀ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ ਕਿਉਂਕਿ ਪਹਿਲੀ ਵਾਰ ਸਾਡੇ 72 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਵਿੱਚ ਪੇਸ਼ੇਵਰ ਸਿਖਲਾਈ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਨਵੇਂ ਦੇਸ਼ ਦੀ ਯਾਤਰਾ ਨਹੀਂ ਸੀ, ਸਗੋਂ ਇਹ ਪੰਜਾਬ ਵਿੱਚ ਸਿੱਖਿਆ ਦੇ ਭਵਿੱਖ ਨੂੰ ਨਵੀਆਂ ਤਕਨੀਕਾਂ ਮੁਤਾਬਕ ਢਾਲਣ, ਵਧੀਆ ਅਭਿਆਸਾਂ ਅਤੇ ਨਵੀਨਤਾਕਾਰੀ ਤਰੀਕਿਆਂ ਦੀ ਖੋਜ ਕਰਨ ਦਾ ਵਿਲੱਖਣਾ ਮੌਕਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪੰਜਾਬ ਵਿੱਚ ਸੂਬਾ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਲਗਾਤਾਰ ਸੁਧਾਰ ਕਰਨ ਲਈ ਯਤਨਸ਼ੀਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਬੱਚੇ ਦਾ ਪਿਛੋਕੜ ਭਾਵੇਂ ਕੋਈ ਵੀ ਹੋਵੇ, ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਫਿਨਲੈਂਡ ਨੂੰ ਇਸ ਲਈ ਚੁਣਿਆ ਗਿਆ ਕਿਉਂਕਿ ਇਹ ਵਿਸ਼ਵ ਪੱਧਰ 'ਤੇ ਸਭ ਤੋਂ ਵੱਧ ਅਸਰਦਾਰ ਸਿੱਖਿਆ ਢਾਂਚੇ ਵਿੱਚੋਂ ਇੱਕ ਵਜੋਂ ਪ੍ਰਸਿੱਧ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਅਧਿਆਪਕਾਂ ਦੀ ਨਿੱਖਰੀ ਹੋਈ ਮੁਹਾਰਤ ਉਨ੍ਹਾਂ ਦੀਆਂ ਰੁਚੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਣ ਵਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਪਾਸੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਦੂਜੇ ਪਾਸੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਹ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਦੀ ਸਿਖਲਾਈ ਦੇਣ ਦੇ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਨ ਭਾਈਚਾਰੇ ਦੇ ਪੇਸ਼ੇਵਰ ਹੁਨਰ ਨੂੰ ਵਧਾਉਣਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ। ਉਨ੍ਹਾਂ ਦੁਹਰਾਇਆ ਕਿ ਅਧਿਆਪਕ ਦੇਸ਼ ਦੇ ਨਿਰਮਾਤਾ ਹੁੰਦੇ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ, ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਦਾ ਪੱਧਰ ਉੱਚਾ ਚੁੱਕਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਅਤਿ-ਆਧੁਨਿਕ ਅਧਿਆਪਨ ਅਭਿਆਸਾਂ, ਲੀਡਰਸ਼ਿਪ ਹੁਨਰਾਂ ਅਤੇ ਹੋਰ ਆਧੁਨਿਕ ਜੁਗਤਾਂ ਨਾਲ ਲੈਸ ਕਰ ਕੇ ਉਨ੍ਹਾਂ ਦੀ ਸੋਚ ਨੂੰ ਹੋਰ ਵਿਸ਼ਾਲ ਕਰੇਗੀ। ਉਨ੍ਹਾਂ ਉਮੀਦ ਜਤਾਈ ਕਿ ਇਹ ਮਾਰਗ ਦਰਸ਼ਕ ਪਹਿਲਕਦਮੀ ਸੂਬੇ ਦੀ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਨੂੰ ਇਸ ਸਿਖਲਾਈ ਨੂੰ ਅਜਿਹਾ ਬੀਜ ਬਣਾਉਣ ਲਈ ਪ੍ਰੇਰਿਤ ਕੀਤਾ, ਜੋ ਗਿਆਨ ਦਾ ਰੁੱਖ ਬਣ ਕੇ ਉੱਗਦਾ ਹੈ, ਜਿਸ ਨਾਲ ਨਾ ਸਿਰਫ਼ ਵਿਦਿਆਰਥੀਆਂ ਨੂੰ ਸਗੋਂ ਸਮੁੱਚੇ ਸਮਾਜ ਨੂੰ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਸਿੱਖੇ ਹੁਨਰ ਨੂੰ ਲਾਗੂ ਕਰਨ ਵਿੱਚ ਅਧਿਆਪਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਆਪਣੇ ਗਿਆਨ ਨੂੰ ਦੂਜੇ ਅਧਿਆਪਕਾਂ ਨਾਲ ਸਾਂਝਾ ਕਰਨ ਲਈ ਪਲੇਟਫਾਰਮ ਤਿਆਰ ਕਰੇਗੀ ਅਤੇ ਸਕੂਲਾਂ ਵਿੱਚ ਨਿਰੰਤਰ ਸੁਧਾਰ ਦਾ ਸੱਭਿਆਚਾਰ ਪੈਦਾ ਕਰੇਗੀ। ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਨੂੰ ਇਸ ਪਰਿਵਰਤਨਸ਼ੀਲ ਪਹਿਲਕਦਮੀ ਦਾ ਹਿੱਸਾ ਬਣਨ `ਤੇ ਮਾਣ ਮਹਿਸੂਸ ਕਰਨ ਦਾ ਸੱਦਾ ਦਿੱਤਾ ਕਿਉਂਕਿ ਉਹ ਸਿਰਫ਼ ਸਿਖਲਾਈ ਲਈ ਹੀ ਨਹੀਂ, ਸਗੋਂ ਲੱਖਾਂ ਬੱਚਿਆਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਆਪਣੇ ਨਾਲ ਲੈ ਕੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਸਾਡੇ ਸੂਬੇ ਅਤੇ ਸਾਡੇ ਦੇਸ਼ ਦੀ ਤਰੱਕੀ ਲਈ ਸਾਡੇ ਕੋਲ ਮੌਜੂਦ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ ਅਤੇ ਇਹ ਪੰਜਾਬ ਦੀ ਸਿੱਖਿਆ ਦੀ ਕਹਾਣੀ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਮਰੱਥਾ ਤੇ ਕਾਬਲੀਅਤ `ਤੇ ਭਰੋਸਾ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕੋਈ ਖ਼ਾਸ ਵਿਸ਼ੇ ਲੈਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ, ਸਗੋਂ ਉਨ੍ਹਾਂ ਨੂੰ ਆਪਣੀ ਮਰਜ਼ੀ ਅਨੁਸਾਰ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਜੀਵਨ ਵਿੱਚ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਹਰ ਖੇਤਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਉਣ ਵਿੱਚ ਮਦਦ ਕਰੇਗਾ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥੀਆਂ ਲਈ ਵਿਲੱਖਣ ਮੌਕੇ ਦਾ ਐਲਾਨ ਕਰਦਿਆਂ ਉਨ੍ਹਾਂ ਨੂੰ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਅਤੇ ਗੂਗਲ ਦੇ ਮੁੱਖ ਦਫ਼ਤਰ ਦਾ ਦੌਰਾ ਕਰਵਾਉਣ ਬਾਰੇ ਕਿਹਾ। ਇਸ ਵਿਲੱਖਣ ਤਜਰਬੇ ਦਾ ਮੰਤਵ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨੂੰ ਜਾਨਣ ਦਾ ਮੌਕਾ ਦੇਣਾ ਹੈ।