ਸੰਗਰੂਰ: ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਅਧਿਕਾਰਾਂ ਦੀ ਬਹਾਲੀ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ਼ ਚਲਾਏ ਜਾ ਰਹੇ ਸੰਘਰਸ਼ ਨੂੰ ਹੁਣ ਆਰ-ਪਾਰ ਦੀ ਲੜਾਈ ਵਿਚ ਬਦਲ ਦਿੱਤਾ ਹੈ। ਅੱਜ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਭੁੱਖ ਹੜਤਾਲ ਵਾਲੀ ਥਾਂ ਤੇ ਇਕੱਠੇ ਹੁੰਦੇ ਹੋਏ, ਆਪਣੀਆਂ ਭਰਾਤਰੀ ਜਥੇਬੰਦੀਆਂ ਜਿਨ੍ਹਾਂ ਡੀਟੀਐੱਫ (ਵਿਕਰਮ ਦੇਵ) ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ, ਡੀਟੀਐੱਫ ਦੇ (ਦਿਗਵਿਜੈ ਪਾਲ ਸ਼ਰਮਾਂ), ਕਿਰਤੀ ਕਿਸਾਨ ਯੂਨੀਅਨ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਪੀਐੱਸਯੂ, ਗੌਰਮਿੰਟ ਟੀਚਰ ਯੂਨੀਅਨ, ਐਸ. ਸੀ ਬੀ ਸੀ ਅਧਿਆਪਕ ਯੂਨੀਅਨ ਆਦਿ ਦੇ ਨਾਲ ਸੰਗਰੂਰ ਦੇ ਵੱਖ-ਵੱਖ ਬਜ਼ਾਰਾਂ ਵਿਚ ਇੱਕ ਵੱਡੇ ਰੋਸ਼ ਮਾਰਚ ਦੇ ਰੂਪ ਵਿਚ ਰੋਸ ਪ੍ਰਦਰਸ਼ਨ ਕਰਦੇ ਕੀਤਾ ਜਿਸ ਮਗਰੋਂ ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਅੱਗੇ ਪਹੁੰਚ ਕੇ ਜਬਰਦਸਤ ਨਾਅਰੇਬਾਜੀ ਕਰਦੇ ਹੋਏ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕੀਤੀ।
ਇਸ ਤੋਂ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ ਜਿਸ ਕਾਰਨ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਤੇ ਕੰਪਿਊਟਰ ਅਧਿਆਪਕ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਬੈਰੀਗੈਟ ਲਾ ਕੇ ਰੋਕਿਆ ਗਿਆ। ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ ਦੇ ਬੈਨਰ ਹੇਠ ਸੈਂਕੜੇ ਅਧਿਆਪਕ ਬੀਤੇ 105 ਦਿਨਾਂ ਤੋਂ ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਹਨ। ਅੱਜ ਭੁੱਖ ਹੜਤਾਲ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਕੰਪਿਊਟਰ ਅਧਿਆਪਕ ਪਟਿਆਲਾ ਹਾਈਵੇ ਰੋਡ ਵੇਰਕਾ ਮਿਲਕ ਪਲਾਂਟ ਦੇ ਸੰਗਰੂਰ ਵਿਖੇ ਬਾਹਰ ਤੇ ਇਕੱਤਰ ਹੋਏ, ਜਿੱਥੇ ਪਹਿਲਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਅਤੇ ਮਤਰੇਈ ਮਾਂ ਵਾਲੇ ਅਪਣਾਏ ਜਾ ਰਹੇ ਵਤੀਰੇ ਦੀ ਜੰਮ ਕੇ ਅਪਣੇ ਭਾਸ਼ਣਾਂ ਵਿੱਚ ਅਲੋਚਨਾ ਕੀਤੀ ਗਈ।
ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਨੇਤਾਵਾਂ ਪਰਮਵੀਰ ਸਿੰਘ ਪੰਮੀ, ਜੋਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ, ਰਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖ਼ਸ਼ ਲਾਲ, ਜਸਪਾਲ, ਉਧਮ ਸਿੰਘ ਡੋਗਰਾ, ਬਵਲੀਨ ਬੇਦੀ, ਸੁਨੀਤ ਸਰੀਨ, ਸੁਮਿਤ ਗੋਇਲ, ਰਜਨੀ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਾਲ, ਪ੍ਰਿਯੰਕਾ ਬਿਸ਼ਟ, ਮਨਜੀਤ ਕੌਰ, ਕਰਮਜੀਤ ਪੁਰੀ, ਗਗਨਦੀਪ ਸਿੰਘ, ਜਸਵਿੰਦਰ ਸਿੰਘ ਲੁਧਿਆਣਾ ਨੇ ਦੱਸਿਆ ਕਿ 5 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਕੁਝ ਹੀ ਦਿਨਾਂ ਦੇ ਅੰਦਰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ। ਪਰ ਡੇਢ ਮਹੀਨਾ ਬੀਤਣ ਦੇ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਦੋਂ ਕਿ ਸੰਗਰੂਰ ਪ੍ਰਦਰਸ਼ਨ ਵੱਲੋਂ ਮਹਿੰਗਾਈ ਭੱਤਾ (ਡੀਏ) 12 ਦਿਸੰਬਰ ਤੱਕ ਬਹਾਲ ਕਰਨ ਦੇ ਲਈ ਐਲਾਨ ਕੀਤਾ ਸੀ। ਪਰ ਇਹ ਵਾਅਦਾ ਪਹਿਲੇ ਲਾਰਿਆਂ ਵਾਂਗ ਝੂਠਾ ਹੀ ਸਾਬਿਤ ਹੋਇਆ ਹੈ, ਜਿਸਦੇ ਚਲੇ ਕੰਪਿਊਟਰ ਅਧਿਆਪਕਾਂ ਵਿੱਚ ਭਰਪੂਰ ਰੋਸ਼ ਹੈ।
ਅਧਿਆਪਕਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਨੇਤਾਵਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਸਰਕਾਰ ਬਣਨ 'ਤੇ ਉਨ੍ਹਾਂ ਨੂੰ ਤੁਰੰਤ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ 15 ਸਤੰਬਰ 2022 ਨੂੰ ਦੀਵਾਲੀ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਸੀ। ਪਰ ਤਿੰਨ ਦੀਵਾਲੀਆਂ ਬੀਤਣ ਦੇ ਬਾਅਦ ਵੀ ਇਹ ਵਾਅਦਾ ਅਧੂਰਾ ਹੈ, ਜੋ ਸਰਕਾਰ ਦੀ ਕਥਨੀ ਅਤੇ ਕਰਨੀ ਦੇ ਵਿਚਕਾਰ ਦੇ ਅੰਤਰ ਨੂੰ ਸਾਫ਼ ਦਰਸਾਉਂਦਾ ਹੈ।
ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਕੋਈ ਨਵੀਆਂ ਨਹੀਂ ਹਨ। ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ, ਛੇਵੇਂ ਪੇਅ ਕਮਿਸ਼ਨ ਦੇ ਲਾਭਾਂ ਸਮੇਤ, ਬਿਨਾਂ ਕਿਸੇ ਸ਼ਰਤ ਅਤੇ ਦੇਰੀ ਦੇ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਅੰਦੋਲਨਕਾਰੀ ਅਧਿਆਪਕਾਂ ਨੇ ਕਿਹਾ ਕਿ ਇਸ ਵਾਰ ਉਹ ਕੇਵਲ ਬੈਠਕ ਦੇ ਪੱਤਰ ਲੈ ਕੇ ਵਾਪਸ ਪਰਤਣ ਵਾਲੇ ਨਹੀਂ ਹਨ, ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਡੀਟੀਐੱਫ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਰਾਜੀਵ ਬਰਨਾਲਾ, ਸੁਖਵਿੰਦਰ ਗਿਰ, ਮੇਘ ਰਾਜ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਹਰਦੀਪ ਟੋਡਰਪੁਰ, ਡੀਟੀਐੱਫ ਦੇ ਪ੍ਰਧਾਨ ਦਿਗਵਿਜੈ ਪਾਲ ਸ਼ਰਮਾਂ, ਬਲਵੀਰ ਲੋਗੋਂਵਾਲ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੋਂਗੋਵਾਲ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਪੀਐੱਸਯੂ ਦੇ ਸੁਖਦੀਪ ਹਥਨ, ਗੋਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਫ਼ਕੀਰ ਚੰਦ ਟਿੱਬਾ, ਐਸ. ਸੀ ਬੀ ਸੀ ਅਧਿਆਪਕ ਯੂਨੀਅਨ ਦੇ ਆਗੂ ਹਾਜ਼ਰ ਸਨ। ਦੇਰ ਸ਼ਾਮ ਹਨੇਰਾ ਹੋਣ ਤੇ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ ਜੋ ਰਾਤ ਭਰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।