9 ਜਨਵਰੀ ਨੂੰ ਮੋਗੇ ਵਿੱਚ ਹੋਵੇਗੀ ਵੱਡੀ ਕਾਨਫਰੰਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਰਾਸ਼ਟਰਪਤੀ ਨੂੰ ਵਫਦ ਦੇ ਰੂਪ ਵਿੱਚ ਮਿਲਣ ਦਾ ਫੈਸਲਾ
ਛੇ ਮੈਂਬਰੀ ਕਮੇਟੀ ਵਲੋਂ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਉਪਰਾਲੇ ਜਾਰੀ ਰੱਖੇ ਜਾਣਗੇ
ਚੰਡੀਗੜ੍ਹ, : ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਨਿਰਭੈ ਸਿੰਘ ਢੁੱਡੀਕੇ, ਪ੍ਰੇਮ ਸਿੰਘ ਭੰਗੂ ਅਤੇ ਹਰਜਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੇ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰਾਂ ਵਲੋਂ ਕਿਸਾਨ ਮੰਗਾਂ ਸਬੰਧੀ ਵੱਟੀ ਹੋਈ ਘੇਸਲ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਦੇਸ਼ ਦੇ ਰਾਸ਼ਟਰਪਤੀ ਨੂੰ ਵਫਦ ਦੇ ਰੂਪ ਮਿਲਕੇ ਗੁਹਾਰ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਤਾਲਮੇਲ ਕਮੇਟੀ ਨੂੰ ਰਾਸ਼ਟਰਪਤੀ ਤੋਂ ਫੌਰੀ ਮਿਲਣ ਦਾ ਸਮਾਂ ਲੈਣ ਦੀ ਜ਼ਿੰਮੇਵਾਰੀ ਦਿੱਤੀ ਗਈ। ਦੇਸ਼ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਕਿ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਫੌਰੀ ਗੱਲਬਾਤ ਕਰਕੇ ਕਿਸਾਨੀ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜੋ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦੀ ਜਾਨ ਬਚਾਈ ਜਾ ਸਕੇ।
ਮੀਟਿੰਗ ਨੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਮਾਡਲ ਖਰੜੇ ਦਾ ਸਖਤ ਨੋਟਿਸ ਲੈਂਦਿਆਂ ਇਸ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਨਵਾਂ ਰੂਪ ਕਰਾਰ ਦਿੱਤਾ। ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਆਗੂਆਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਇਸ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਦੇ ਖਿਲਾਫ ਸਿਰੜੀ ਸੰਘਰਸ਼ ਲੜਿਆ ਜਾਵੇਗਾ।
ਸੰਘਰਸ਼ ਦੇ ਅਗਲੇ ਪੜਾਅ ਵਜੋਂ 9 ਜਨਵਰੀ ਨੂੰ ਮੋਗੇ ਵਿੱਚ ਵਿਸ਼ਾਲ ਕਾਨਫਰੰਸ ਕਰਨ ਦਾ ਐਲਾਨ ਕੀਤਾ ਗਿਆ। ਇਸ ਕਾਨਫਰੰਸ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਖਿਲਾਫ ਆਵਾਜ਼ ਉਠਾਈ ਜਾਵੇਗੀ, ਇਸ ਤੋਂ ਇਲਾਵਾ ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਬੰਦ ਕਰਨ, ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਉਠਾਈ ਜਾਵੇਗੀ।
ਮੀਟਿੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ। ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਲੜ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਉਹਨਾਂ ਦੀ ਹਮਾਇਤ ਕੀਤੀ ਗਈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਸਾਜਸ਼ੀ ਚੁੱਪ ਨੂੰ ਤੋੜ ਕੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਗੱਲਬਾਤ ਦਾ ਦੌਰ ਸ਼ੁਰੂ ਕਰੇ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੇ। ਮੀਟਿੰਗ ਨੇ ਪੰਜਾਬ ਸਰਕਾਰ ਵੱਲੋਂ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲਤਾ ਦਾ ਨੋਟਿਸ ਲਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਮਸਲੇ ਵਿੱਚ ਦਖਲ ਦੇ ਕੇ ਕੇਂਦਰ ਨਾਲ ਗੱਲਬਾਤ ਸ਼ੁਰੂ ਕਰਵਾਏ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੱਲ ਧਿਆਨ ਦੇਵੇ।
ਮੀਟਿੰਗ ਨੇ ਕਿਸਾਨ ਮਜ਼ਦੂਰ ਮੋਰਚਾ ਨਾਲ ਸੰਯੁਕਤ ਕਿਸਾਨ ਮੋਰਚਾ ਦੀ ਏਕਤਾ ਕਮੇਟੀ ਵੱਲੋਂ ਕੀਤੀ ਗੱਲਬਾਤ ਦਾ ਸਵਾਗਤ ਕੀਤਾ ਅਤੇ ਇਸ ਗੱਲ ਤੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਏਕਤਾ ਸਬੰਧੀ ਗੱਲਬਾਤ ਉਸਾਰੂ ਮਾਹੌਲ ਵਿੱਚ ਹੋਈ ਹੈ ਹਾਲਾਂਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦਾ ਹੁੰਗਾਰਾ ਮੱਠਾ ਰਿਹਾ ਹੈ ਇਸ ਦੇ ਬਾਵਜੂਦ ਫੈਸਲਾ ਕੀਤਾ ਕਿ ਏਕਤਾ ਸਬੰਧੀ ਯਤਨਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇ।
ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਜੁਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਡਾਕਟਰ ਦਰਸ਼ਨ ਪਾਲ, ਮਨਜੀਤ ਸਿੰਘ ਧਨੇਰ, ਡਾਕਟਰ ਸਤਨਾਮ ਸਿੰਘ ਅਜਨਾਲਾ, ਮੁਕੇਸ਼ ਚੰਦਰ ਸ਼ਰਮਾ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਬਿੰਦਰ ਸਿੰਘ ਗੋਲੇਵਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਵੀਰ ਸਿੰਘ ਬੜਵਾ, ਜੰਗਵੀਰ ਸਿੰਘ ਚੌਹਾਨ, ਬੋਘ ਸਿੰਘ ਮਾਨਸਾ, ਸੁਖ ਗਿੱਲ ਮੋਗਾ, ਤਲਵਿੰਦਰ ਸਿੰਘ, ਗੁਰਵਿੰਦਰ ਸਿੰਘ ਢਿੱਲੋਂ, ਬੂਟਾ ਸਿੰਘ ਸ਼ਾਦੀਪੁਰ, ਰੂਪ ਬਸੰਤ ਸਿੰਘ, ਰਘਵੀਰ ਸਿੰਘ ਵੜੈਚ ਅਤੇ ਸੁਖਮੰਦਰ ਸਿੰਘ ਤੋਂ ਇਲਾਵਾ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।