ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਆਂ ਨਾਲ ਨਿਵਾਜਿਆ ਜਾ ਰਿਹਾ ਹੈ: ਡੀ ਟੀ ਐੱਫ
5994 ਅਤੇ 2364 ਈ.ਟੀ.ਟੀ. ਭਰਤੀ ਬਿਨਾਂ ਕਾਰਨ ਲਟਕਾਏ ਜਾਣ ਦੀ ਡੀ ਟੀ ਐੱਫ ਵੱਲੋਂ ਸਖ਼ਤ ਨਿਖੇਧੀ
ਸੰਗਰੂਰ: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ 5994 ਅਤੇ 2364 ਈ.ਟੀ.ਟੀ. ਭਰਤੀ ਵਿੱਚ ਨਿਯੁਕਤੀ ਪੱਤਰ ਜਾਰੀ ਕਰਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਹਜ਼ਾਰਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਅਸਾਮੀਆਂ ਖਾਲੀ ਪਈਆਂ ਹਨ, ਪਰ 'ਸਿੱਖਿਆ ਕ੍ਰਾਂਤੀ' ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਗਰੀਬ ਪਰਿਵਾਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਸਕੂਲਾਂ ਵਿੱਚ ਲੋੜੀਂਦੀ ਗਿਣਤੀ ਵਿੱਚ ਅਸਾਮੀਆਂ ਨਾ ਭਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਰੁਜ਼ਗਾਰ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਭਰਤੀਆਂ ਅਧੀਨ ਪਿਛਲੇ ਦਿਨੀਂ ਅਧਿਆਪਕਾਂ ਵੱਲੋਂ ਸਟੇਸ਼ਨ ਚੋਣ ਕੀਤੀ ਗਈ ਸੀ ਪਰ ਹਾਲੇ ਤੱਕ ਇੰਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ ਹਨ।
ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਖਾਲੀ ਹਜ਼ਾਰਾਂ ਅਸਾਮੀਆਂ ਵਿੱਚੋਂ ਪਿਛਲੀ ਸਰਕਾਰ ਦੌਰਾਨ 5994 ਅਤੇ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਢਾਈ ਵਰ੍ਹੇ ਤੋਂ ਵੱਧ ਸਮਾਂ ਪਹਿਲਾਂ ਸ਼ੁਰੂ ਕੀਤੀ ਨਿਯੁਕਤੀ ਪ੍ਰਕਿਰਿਆ ਹਾਲੇ ਤੱਕ ਕਿਸੇ ਬੇਰੁਜ਼ਗਾਰ ਨੂੰ ਰੁਜ਼ਗਾਰ ਨਹੀਂ ਦੇ ਸਕੀ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਅਧਿਆਪਕ ਮਿਲਣ ਅਤੇ ਉੱਚ ਯੋਗਤਾ ਪ੍ਰਾਪਤ ਬੇਰੁਜਗਾਰਾਂ ਨੂੰ ਰੁਜ਼ਗਾਰ ਮਿਲਣ ਦੀ ਉਡੀਕ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਇਸਦੇ ਉਲਟ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਕੀਤੇ ਗਏ ਲਾਠੀਚਾਰਜ ਦੌਰਾਨ ਦਰਜਨਾਂ ਬੇਰੁਜ਼ਗਾਰ ਅਧਿਆਪਕਾਂ ਸਮੇਤ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਧੀਰਜ ਫਾਜ਼ਿਲਕਾ, ਸੁਖਦੀਪ ਹਥਨ, ਰਜਿੰਦਰ ਢਿੱਲਵਾਂ ਅਤੇ ਅਰਵਿੰਦਰ ਆਜ਼ਾਦ ਫੱਟੜ ਕੀਤੇ ਗਏ ਹਨ, ਜੋ ਸਰਕਾਰ ਦੇ 'ਬਦਲਾਅ' ਅਤੇ 'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਦੀ ਫੂਕ ਕੱਢਦੇ ਹਨ।
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨਿਯੁਕਤੀਆਂ ਦੀ ਮੰਗ ਨੂੰ ਲੈਕੇ ਲੰਮੇ ਸਮੇਂ ਸੰਘਰਸ਼ ਵਿੱਢਿਆ ਹੋਇਆ ਪਰ ਹਾਲੇ ਤੱਕ ਸਰਕਾਰ ਵੱਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਅਸਲ ਵਿੱਚ ਸਰਕਾਰ ਵੱਲੋਂ ਬਿਨਾਂ ਕਿਸੇ ਠੋਸ ਕਾਰਨ ਜਾਣ ਬੁੱਝ ਕੇ ਭਰਤੀ ਨੂੰ ਲਟਕਾਇਆ ਜਾ ਰਿਹਾ ਹੈ ਜੋ ਕਿ ਨਵੀਂ ਸਿੱਖਿਆ ਨੀਤੀ 2020 ਤਹਿਤ ਵੱਡੀ ਗਿਣਤੀ ਵਿੱਚ ਸਕੂਲਾਂ ਨੂੰ ਬੰਦ ਕਰਨ ਅਤੇ ਕੁਝ ਕੁ ਸਕੂਲਾਂ ਨੂੰ ਚਲਾਉਣ ਦੀ ਚਾਲ ਦਾ ਹਿੱਸਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਬੇਰੁਜ਼ਗਾਰ ਅਧਿਆਪਕਾਂ ਤੇ ਕਰਵਾਏ ਲਾਠੀਚਾਰਜ ਨੂੰ ਪੰਜਾਬ ਦੇ ਲੋਕਾਂ ਤੋਂ ਸਿੱਖਿਆ ਖੋਹਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਨਾ ਦੇਣ ਦੀ ਨੀਤੀ ਦਾ ਹਿੱਸਾ ਐਲਾਨਦਿਆਂ ਇਸ ਖਿਲਾਫ ਵੱਡੇ ਸੰਘਰਸ਼ ਵਿੱਢਣ ਲਈ ਲਾਮਬੰਦੀ ਕਰਨ ਦਾ ਸੱਦਾ ਦਿੱਤਾ।