ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਦੇ ਸਵੈ-ਅਧਿਕਾਰ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਮੂਹਿਕ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਹੱਕਾਂ ਦੀ ਰੱਖਿਆ, ਸਿੱਖਿਆ, ਰੋਜ਼ਗਾਰ ਅਤੇ ਸਿਹਤ ਸਹੂਲਤਾਂ ਦੇ ਪ੍ਰਦਾਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।
ਮੰਤਰੀ ਨੇ ਦਿਵਿਆਂਗਜਨ ਭਲਾਈ ਸਕੀਮਾਂ, ਜਿਵੇਂ ਕਿ ਪੈਨਸ਼ਨ ਯੋਜਨਾ, ਮੁਫਤ ਸਫਰ ਸਹੂਲਤ, ਸਵੈ-ਰੋਜ਼ਗਾਰ ਯੋਜਨਾਵਾਂ ਆਦਿ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਮੀਨੀ ਪੱਧਰ 'ਤੇ ਨਵੀਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਸਮਾਗਮ ਦੌਰਾਨ ਕਮੇਟੀ ਦੇ ਮੈਂਬਰਾਂ ਨੇ ਪਿਛਲੇ ਅਰਸੇ ਦੌਰਾਨ ਦਿਵਿਆਂਗਜਨਾਂ ਦੀਆਂ ਕਈ ਮੰਗਾਂ ਨੂੰ ਪੂਰਾ ਕਰਨ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਕਈ ਹੋਰ ਮੁੱਦਿਆਂ ਨੂੰ ਉਨ੍ਹਾਂ ਸਾਹਮਣੇ ਰੱਖਿਆ ਅਤੇ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਭਰੋਸਾ ਦਿੱਤਾ।