ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਰੋਨਾ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸੂਬੇ ਦੇ ਚਾਰ ਜ਼ਿਲ੍ਹਿਆਂ ਕਾਂਗੜਾ, ਊਨਾ, ਸੋਲਨ ਤੇ ਸਿਰਮੋਰ ’ਚ 27 ਅਪ੍ਰੈਲ ਦੀ ਅੱਧੀ ਰਾਤ ਤੋਂ 10 ਮਈ ਤੱਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ’ਚ ਐਤਵਾਰ ਨੂੰ ਹੋਈ ਉੱਚ ਪੱਧਰੀ ਬੈਠਕ ’ਚ ਇਹ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਸੂਬੇ ’ਚ ਆਉਣ ਵਾਲੇ ਸਾਰੇ ਲੋਕਾਂ ਲਈ 72 ਘੰਟਿਆਂ ਦੇ ਅੰਦਰ ਆਰਟੀ. ਪੀਸੀਆਰ ਜਾਂਚ ਜ਼ਰੂਰੀ ਕਰਵਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਮੀਟਿੰਗ ’ਚ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸੂਬੇ ’ਚ ਆਉਣ ਵਾਲੇ ਵਿਅਕਤੀਆਂ ਨੇ ਕੋਵਿਡ-19 ਜਾਂਚ ਨਹੀਂ ਕਰਵਾਈ ਤਾਂ ਉਨ੍ਹਾਂ ਨੂੰ 14 ਦਿਨਾਂ ਲਈ ਆਪਣੇ ਘਰ ਹੀ ਇਕਾਂਤਵਾਸ ’ਚ ਰਹਿਣਾ ਹੋਵੇਗਾ। ਜਾਂਚ ’ਚ ਨੈਗੇਟਿਵ ਪਾਏ ਜਾਣ ਵਾਲੇ ਵਿਅਕਤੀ ਨੂੰ ਹੋਮ ਕੁਆਰਟਾਇੰਨ ਰਹਿਣ ਦੀ ਲੋੜ ਨਹੀਂ ਹੋਵੇਗੀ।
ਮੀਟਿੰਗ ’ਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ’ਚ ਸਥਾਨਕ ਸੰਸਥਾਵਾਂ ਨੂੰ ਆਪਣੇ-ਆਪਣੇ ਖੇਤਰਾਂ ’ਚ ਸਾਰੇ ਐਸਓਪੀ ਤੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਰੂਪ ਨਾਲ ਲਾਗੂ ਕਰਨ ’ਚ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ਕੋਲ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ ਤਾਂ ਜੋ ਕੋਰੋਨਾ ਫੈਲਣ ਤੋਂ ਰੋਕਿਆ ਜਾ ਸਕੇ। ਮੀਟਿੰਗ ’ਚ ਸਥਾਨਕ ਪੱਧਰ ’ਤੇ ਵਿਸ਼ੇਸ਼ ਟਾਸਕ ਫੋਰਸ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਸਾਰੇ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਸੱਭਿਆਚਾਰਕ ਸਮਾਰੋਹਾਂ ਦੌਰਾਨ ਐਸਓਪੀ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾ ਸਕੇ।