ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ; ਪ੍ਰਬੰਧਕਾਂ ਦੀ ਸ਼ਲਾਘਾ ਕੀਤੀ
ਨਵਾਂਸ਼ਹਿਰ, : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਹੈ, ਜਿਹੜੇ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਵੀ ਸ਼ਲਾਘਾ ਕੀਤੀ। ਐਮ.ਪੀ ਤਿਵਾੜੀ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਵਿੱਤਰ ਅਸਥਾਨ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਯੂਨਾਈਟਿਡ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਕਰਵਾਏ ਗਏ ਕਬੱਡੀ ਕੱਪ ਵਿੱਚ ਸ਼ਮੂਲੀਅਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਪਵਿੱਤਰ ਧਰਤੀ ’ਤੇ ਮੇਲਾ ਕਰਵਾਉਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਖੇਡ ਮੇਲੇ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਜੋ ਕਿ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਤੰਦਰੁਸਤ ਵਿਅਕਤੀ ਹੀ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਸੂਬੇ ਦੇ ਵਸਨੀਕਾਂ ਅਤੇ ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੀ ਹੋਂਦ ਨੂੰ ਬਚਾਇਆ ਜਾ ਸਕੇ।
ਜਿੱਥੇ ਹੋਰਨਾਂ ਤੋਂ ਇਲਾਵਾ, ਸਤਵੀਰ ਸਿੰਘ ਪੱਲੀਝਿੱਕੀ, ਦਰਵਜੀਤ ਸਿੰਘ ਪੂੰਨੀ, ਮੱਖਣ ਸਿੰਘ ਬੈਂਸ, ਬਹਾਦਰ ਸਿੰਘ ਪ੍ਰਧਾਨ, ਅਵਤਾਰ ਸਿੰਘ ਸ਼ੇਰਗਿੱਲ, ਦੇਵ ਥਿੰਦ, ਸਤਨਾਮ ਸਿੰਘ ਹੇਡੀਆਂ, ਜੀਤਾ ਨੱਤ ਏਸ਼ੀਅਨ ਫੂਡ ਕੈਨੇਡਾ, ਵਿਕਰਮ ਸਿੰਘ ਵਿੱਕੀ, ਗੁਰਜੀਤ ਸਿੰਘ ਪੁਰੇਵਾਲ, ਕੇਵਲ ਸਿੰਘ ਖਟਕੜ, ਹਰਪਾਲ ਸ. ਸਿੰਘ ਸਰਪੰਚ ਪਠਲਾਵਾ, ਬਲਵੀਰ ਥਾਂਦੀ, ਸਤਨਾਮ ਸਿੰਘ ਸਰਪੰਚ ਖਟਕੜ ਕਲਾਂ ਆਦਿ ਹਾਜ਼ਰ ਸਨ |