ਇਸਲਾਮਾਬਾਦ : ਅਫਗਾਨਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਪਾਕਿਸਤਾਨ, ਭਾਰਤ ਤੇ ਚੀਨ ਸਮੇਤ ਕਈ ਦੇਸ਼ਾਂ 'ਚ ਧਰਤੀ ਲੰਬੇ ਸਮੇਂ ਤੱਕ ਕੰਬਦੀ ਰਹੀ। ਪਾਕਿਸਤਾਨ 'ਚ ਇਸਲਾਮਾਬਾਦ ਸਮੇਤ ਪੰਜਾਬ, ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ 11 ਮੌਤਾਂ ਅਤੇ 100 ਹੋਰਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਮੀਡੀਆ ਰਿਪੋਰਟਾਂ ਮੁਤਾਬਕ ਖੈਬਰ ਪਖਤੂਨਖਵਾ ਦੀ ਆਫਤ ਪ੍ਰਬੰਧਨ ਅਥਾਰਟੀ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਸੂਬੇ 'ਚ ਛੱਤ, ਕੰਧ ਅਤੇ ਮਕਾਨ ਡਿੱਗਣ ਦੀਆਂ ਘਟਨਾਵਾਂ 'ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖਮੀ ਹੋ ਗਏ। ਭੂਚਾਲ ਕਾਰਨ ਇੱਥੇ ਅੱਠ ਘਰਾਂ ਨੂੰ ਨੁਕਸਾਨ ਪੁੱਜਾ ਹੈ।
ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਇਸ ਦੀ ਡੂੰਘਾਈ 180 ਕਿਲੋਮੀਟਰ ਸੀ।ਇਸ ਦੇ ਨਾਲ ਹੀ ਸਵਾਤ ਜ਼ਿਲ੍ਹਾ ਪੁਲਿਸ ਅਧਿਕਾਰੀ ਸ਼ਫੀਉੱਲਾ ਗੰਡਾਪੁਰ ਨੇ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹੇ 'ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਖੈਬਰ-ਪਖਤੂਨਖਵਾ ਸੂਬੇ ਦੇ ਸਵਾਬੀ 'ਚ ਭੂਚਾਲ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਇਸ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰ ਜ਼ਖ਼ਮੀ ਹੋ ਗਏ।